ਚੰਡੀਗੜ੍ਹ ‘ਚ ਮਹਿੰਗਾਈ ਖਿਲਾਫ ਪ੍ਰਦਰਸ਼ਨ ਕਰ ਰਹੇ ਕਾਂਗਰਸੀ ਆਗੂਆਂ ਤੇ ਵਰਕਰਾਂ ‘ਤੇ ਪੁਲਿਸ ਨੇ ਜਲ ਤੋਪਾਂ ਛੱਡੀਆਂ ਹਨ। ਪੰਜਾਬ ਭਰ ‘ਚ ਕਾਂਗਰਸੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਪਾਰਟੀ ਆਗੂ ਰੋਸ ਪ੍ਰਦਰਸ਼ਨ ਕਰ ਰਹੇ ਹਨ। ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਪ੍ਰਦਰਸ਼ਨ ਕਰਦੇ ਹੋਏ ਪੰਜਾਬ ਰਾਜ ਭਵਨ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਨੇ ਉਨ੍ਹਾਂ ਨੂੰ ਰੋਕ ਦਿੱਤਾ। ਜਦੋਂ ਪ੍ਰਦਰਸ਼ਨਕਾਰੀਆਂ ਨੇ ਪੁਲਿਸ ਵੱਲੋਂ ਬੈਰੀਕੇਡ ਹਟਾ ਕੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ’ਤੇ ਜਲ ਤੋਪਾਂ ਨਾਲ ਪਾਣੀ ਦੀ ਬੁਛਾੜ ਕੀਤੀ।
ਪੂਰੇ ਪੰਜਾਬ ‘ਚ ਕਾਂਗਰਸੀ ਕਰ ਰਹੇ ਮਹਿੰਗਾਈ ਖਿਲਾਫ਼ ਪ੍ਰਦਰਸ਼ਨ
ਇਸ ਤੋਂ ਪਹਿਲਾਂ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਮਹਿੰਗਾਈ ਖ਼ਿਲਾਫ਼ ਧਰਨਾ ਦਿੱਤਾ। ਇਸ ਤੋਂ ਬਾਅਦ ਵੱਡੀ ਗਿਣਤੀ ‘ਚ ਕਾਂਗਰਸੀ ਪ੍ਰਦਰਸ਼ਨ ਕਰਦੇ ਹੋਏ ਪੰਜਾਬ ਰਾਜ ਭਵਨ ਵੱਲ ਨਿਕਲ ਆਏ। ਪੁਲਿਸ ਨੇ ਕਾਂਗਰਸੀਆਂ ਨੂੰ ਰੋਕਣ ਲਈ ਬੈਰੀਕੇਡ ਲਾਏ ਹੋਏ ਸਨ। ਪੁਲਿਸ ਨੇ ਬੈਰੀਕੇਡ ਲਗਾ ਕੇ ਕਾਂਗਰਸੀ ਵਰਕਰਾਂ ਨੂੰ ਰੋਕਿਆ। ਇਸ ਦੌਰਾਨ ਪੁਲਿਸ ਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਹੱਥੋਪਾਈ ਵੀ ਹੋਈ।
ਇਸ ਦੌਰਾਨ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਨੇ ਬੈਰੀਕੇਡ ਹਟਾਉਣ ਤੇ ਉੱਥੋਂ ਛਾਲ ਮਾਰਨ ਦੀ ਕੋਸ਼ਿਸ਼ ਕੀਤੀ। ਇਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਨੂੰ ਰਾਜ ਭਵਨ ਵੱਲ ਵਧਣ ਤੋਂ ਰੋਕਣ ਲਈ ਜਲ ਤੋਪਾਂ ਦੀ ਵਰਤੋਂ ਕੀਤੀ ਤੇ ਉਨ੍ਹਾਂ ‘ਤੇ ਪਾਣੀ ਦੀਆਂ ਬੁਛਾੜਾਂ ਛੱਡੀਆਂ। ਇਸ ਦੌਰਾਨ ਪੁਲਿਸ ਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪ ਵੀ ਹੋਈ।
ਇਸ ਤੋਂ ਪਹਿਲਾਂ ਕਾਂਗਰਸੀ ਆਗੂਆਂ ਨੇ ਧਰਨਾ ਦਿੱਤਾ। ਧਰਨੇ ‘ਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਤੇ ਉਪ ਨੇਤਾ ਡਾ. ਰਾਜ ਕੁਮਾਰ ਚੱਬੇਵਾਲ ਨੇ ਵੀ ਸ਼ਮੂਲੀਅਤ ਕੀਤੀ। ਇਸ ਮੌਕੇ ਕਾਂਗਰਸ ਦੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਅੱਜ ਪੂਰਾ ਦੇਸ਼ ਮਹਿੰਗਾਈ ਤੋਂ ਪਰੇਸ਼ਾਨ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਘਰ-ਘਰ ਸਿਲੰਡਰ ਪਹੁੰਚਾਏ ਤੇ ਉੱਜਵਲਾ ਸਕੀਮ ਤਹਿਤ ਗੈਸ ਕੁਨੈਕਸ਼ਨ ਦਿੱਤੇ ਗਏ ਪਰ ਅੱਜ ਉਹੀ ਲੋਕ ਕਬਾੜ ਦੇ ਰੇਟ ‘ਤੇ ਸਿਲੰਡਰ ਵੇਚ ਰਹੇ ਹਨ।
ਵੜਿੰਗ ਨੇ ਵੱਖ-ਵੱਖ ਖੁਰਾਕੀ ਵਸਤਾਂ ‘ਤੇ ਜੀਐਸਟੀ ਵਧਾਉਣ ‘ਤੇ ਵੀ ਸਵਾਲ ਉਠਾਏ। ਵੜਿੰਗ ਨੇ ਜੀਐਸਟੀ ਨੂੰ ‘ਗੱਬਰ ਸਿੰਘ ਟੈਕਸ’ ਦੱਸਦਿਆਂ ਇਸ ਨੂੰ ਤਰਕਸੰਗਤ ਬਣਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਸੱਚ ਦੀ ਲੜਾਈ ਲੜ ਰਹੇ ਹਨ ਅਤੇ ਪੂਰੀ ਕਾਂਗਰਸ ਉਨ੍ਹਾਂ ਦੇ ਨਾਲ ਖੜ੍ਹੀ ਹੈ।