ਰਾਹਤ ਭਰੀ ਖ਼ਬਰ, ਪੰਜਾਬ ਸਣੇ ਉੱਤਰ ਭਾਰਤ ‘ਚ ਇਸ ਦਿਨ ਤੋਂ ਘਟੇਗੀ ਕੜਾਕੇ ਦੀ ਠੰਡ, 5 ਡਿਗਰੀ ਵਧੇਗਾ ਪਾਰਾ

ਕੌਮੀ ਰਾਜਧਾਨੀ ਦਿੱਲੀ, ਪੰਜਾਬ, ਹਰਿਆਣਾ ਸਣੇ ਪੂਰੇ ਉੱਤਰੀ ਭਾਰਤ ਦੇ ਰਾਜਾਂ ਵਿੱਚ ਠੰਡ ਦਾ ਕਹਿਰ ਜਾਰੀ ਹੈ। ਬਠਿੰਡਾ ਵਿੱਚ ਘੱਟੋ-ਘੱਟ ਤਾਪਮਾਨ ਮਨਫ਼ੀ 0.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਹੁਣ ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਜਲਦ ਹੀ ਇਸ ਕੜਾਕੇ ਦੀ ਠੰਡ ਤੋਂ ਰਾਹਤ ਮਿਲਣ ਵਾਲੀ ਹੈ।

ਮੌਸਮ ਵਿਭਾਗ (IMD) ਨੇ ਬੁੱਧਵਾਰ ਨੂੰ ਜਾਰੀ ਕੀਤੀ ਭਵਿੱਖਬਾਣੀ ਵਿੱਚ ਕਿਹਾ ਕਿ ਇੱਕ ਨਵੀਂ ਪੱਛਮੀ ਗੜਬੜ ਆ ਰਹੀ ਹੈ, ਜਿਸ ਕਾਰਨ ਪੱਛਮੀ ਹਿਮਾਲਿਆ ਖੇਤਰ 20 ਜਨਵਰੀ ਤੋਂ 26 ਜਨਵਰੀ ਦੀ ਰਾਤ ਤੱਕ ਅਤੇ ਉੱਤਰੀ ਪੱਛਮੀ ਭਾਰਤ ਦੇ ਮੈਦਾਨੀ ਖੇਤਰਾਂ ਵਿੱਚ 23 ਤੋਂ 25 ਜਨਵਰੀ ਤੱਕ ਦੇ ਮੌਸਮ ਵਿੱਚ ਅਸਰ ਪਏਗਾ। ਮੌਸਮ ਵਿਭਾਗ ਨੇ ਕੜਾਕੇ ਦੀ ਠੰਡ ਤੋਂ ਰਾਹਤ ਦਿੰਦੇ ਹੋਏ ਕਿਹਾ ਹੈ ਕਿ 24 ਘੰਟਿਆਂ ਬਾਅਦ ਉੱਤਰ ਪੱਛਮੀ ਭਾਰਤ ਦੇ ਰਾਜਾਂ ‘ਚ ਸੀਤ ਲਹਿਰ ਖਤਮ ਹੋ ਜਾਵੇਗੀ, ਜਿਸ ਕਾਰਨ ਠੰਡ ਵੀ ਘੱਟ ਜਾਵੇਗੀ।

ਪਿਛਲੇ 24 ਘੰਟਿਆਂ ਦੇ ਮੌਸਮ ਦੀ ਗੱਲ ਕਰੀਏ ਤਾਂ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਪੱਛਮੀ ਉੱਤਰ ਪ੍ਰਦੇਸ਼, ਰਾਜਸਥਾਨ, ਪੂਰਬੀ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼ ਅਤੇ ਬਿਹਾਰ ਵਿੱਚ ਕਈ ਥਾਵਾਂ ‘ਤੇ ਘੱਟੋ-ਘੱਟ ਤਾਪਮਾਨ ਇੱਕ ਤੋਂ ਚਾਰ ਡਿਗਰੀ ਸੈਲਸੀਅਸ ਦੇ ਵਿਚਕਾਰ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਦੱਸਿਆ ਕਿ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ ਵਿੱਚ ਕੜਾਕੇ ਦੀ ਠੰਡ ਪੈ ਗਈ ਹੈ। ਇਸ ਤੋਂ ਇਲਾਵਾ ਪੂਰਬੀ ਉੱਤਰ ਪ੍ਰਦੇਸ਼, ਪੱਛਮੀ ਰਾਜਸਥਾਨ, ਪੂਰਬੀ ਅਤੇ ਪੱਛਮੀ ਮੱਧ ਪ੍ਰਦੇਸ਼ ਵਿੱਚ ਵੀ ਸੀਤ ਲਹਿਰ ਦੀ ਸਥਿਤੀ ਬਣੀ ਹੋਈ ਹੈ। ਹਿਮਾਚਲ ਪ੍ਰਦੇਸ਼, ਉੜੀਸਾ, ਤ੍ਰਿਪੁਰਾ, ਬਿਹਾਰ, ਪੱਛਮੀ ਬੰਗਾਲ, ਸਿੱਕਮ ਵਰਗੇ ਰਾਜਾਂ ਵਿੱਚ ਸਵੇਰ ਅਤੇ ਸ਼ਾਮ ਨੂੰ ਸੰਘਣੀ ਧੁੰਦ ਪਈ।

ਮੌਸਮ ਵਿਭਾਗ ਨੇ ਦੱਸਿਆ ਹੈ ਕਿ 20-21 ਜਨਵਰੀ ਨੂੰ ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼, ਉੱਤਰਾਖੰਡ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਵੇਗੀ। ਇਸ ਤੋਂ ਇਲਾਵਾ 22 ਤੋਂ 26 ਜਨਵਰੀ ਦਰਮਿਆਨ ਇਨ੍ਹਾਂ ਇਲਾਕਿਆਂ ‘ਚ ਹੋਰ ਮੀਂਹ ਅਤੇ ਬਰਫਬਾਰੀ ਹੋ ਸਕਦੀ ਹੈ। ਜਦੋਂ ਕਿ 23-25 ​​ਜਨਵਰੀ ਨੂੰ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ, ਪੂਰਬੀ ਰਾਜਸਥਾਨ ਅਤੇ ਪੱਛਮੀ ਉੱਤਰ ਪ੍ਰਦੇਸ਼ ਅਤੇ 23 ਅਤੇ 24 ਜਨਵਰੀ, 2023 ਨੂੰ ਦਿੱਲੀ ਵਿੱਚ ਹਲਕੀ ਤੋਂ ਦਰਮਿਆਨੀ ਬਾਰਸ਼ ਦੀ ਸੰਭਾਵਨਾ ਹੈ।

19 ਅਤੇ 20 ਜਨਵਰੀ ਨੂੰ ਉੱਤਰ-ਪੱਛਮੀ ਭਾਰਤ ਦੇ ਕੁਝ ਹਿੱਸਿਆਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ ਤਿੰਨ ਤੋਂ ਪੰਜ ਡਿਗਰੀ ਸੈਲਸੀਅਸ ਦਾ ਵਾਧਾ ਦੇਖਣ ਨੂੰ ਮਿਲੇਗਾ। ਇਸ ਤੋਂ ਬਾਅਦ ਅਗਲੇ ਤਿੰਨ ਦਿਨਾਂ ਤੱਕ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ। ਇਸ ਦੇ ਨਾਲ ਹੀ 19 ਜਨਵਰੀ ਦੀ ਸਵੇਰ ਤੱਕ ਮੱਧ ਪ੍ਰਦੇਸ਼ ‘ਚ ਕਿਸੇ ਤਰ੍ਹਾਂ ਦੇ ਬਦਲਾਅ ਦੀ ਸੰਭਾਵਨਾ ਨਹੀਂ ਹੈ। ਇਸ ਤੋਂ ਬਾਅਦ ਘੱਟੋ-ਘੱਟ ਤਾਪਮਾਨ ਵਿੱਚ ਤਿੰਨ ਤੋਂ ਪੰਜ ਡਿਗਰੀ ਸੈਲਸੀਅਸ ਦਾ ਵਾਧਾ ਹੋ ਸਕਦਾ ਹੈ। ਗੁਜਰਾਤ ਵਿੱਚ 20 ਜਨਵਰੀ ਤੱਕ ਘੱਟੋ-ਘੱਟ ਤਾਪਮਾਨ ਦੋ ਤੋਂ ਤਿੰਨ ਡਿਗਰੀ ਸੈਲਸੀਅਸ ਵਧਣ ਦੀ ਸੰਭਾਵਨਾ ਹੈ। ਮਹਾਰਾਸ਼ਟਰ ਦੀ ਗੱਲ ਕਰੀਏ ਤਾਂ 22 ਜਨਵਰੀ ਤੱਕ ਘੱਟੋ-ਘੱਟ ਤਾਪਮਾਨ ਦੋ ਤੋਂ ਚਾਰ ਡਿਗਰੀ ਸੈਲਸੀਅਸ ਵਧ ਸਕਦਾ ਹੈ। ਬਾਕੀ ਥਾਵਾਂ ‘ਤੇ ਅਗਲੇ ਚਾਰ ਤੋਂ ਪੰਜ ਦਿਨਾਂ ਤੱਕ ਤਾਪਮਾਨ ‘ਚ ਕੋਈ ਵੱਡੀ ਤਬਦੀਲੀ ਦੀ ਉਮੀਦ ਨਹੀਂ ਹੈ।

ਰਾਹਤ ਦੀ ਖ਼ਬਰ ਦਿੰਦਿਆਂ ਮੌਸਮ ਵਿਭਾਗ ਨੇ ਕਿਹਾ ਕਿ ਉੱਤਰੀ ਰਾਜਸਥਾਨ, ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਉੱਤਰ ਪ੍ਰਦੇਸ਼, ਬਿਹਾਰ ਅਤੇ ਪੂਰਬੀ ਮੱਧ ਪ੍ਰਦੇਸ਼ ਵਿੱਚ 19 ਜਨਵਰੀ ਤੱਕ ਸੀਤ ਲਹਿਰ ਦਾ ਪ੍ਰਕੋਪ ਰਹੇਗਾ ਅਤੇ ਇਸ ਤੋਂ ਬਾਅਦ ਇਹ ਖ਼ਤਮ ਹੋ ਜਾਵੇਗਾ, ਜਦੋਂਕਿ ਹਿਮਾਚਲ ਪ੍ਰਦੇਸ਼ ਵਿੱਚ 18-19 ਜਨਵਰੀ ਨੂੰ ਸੰਘਣੀ ਧੁੰਦ ਛਾਈ ਰਹੇਗੀ। ਪੱਛਮੀ ਬੰਗਾਲ, ਸਿੱਕਿਮ, ਬਿਹਾਰ ਵਿੱਚ 18-20 ਜਨਵਰੀ ਤੱਕ ਸੰਘਣੀ ਧੁੰਦ ਬਣੀ ਰਹੇਗੀ। ਇਸ ਤੋਂ ਇਲਾਵਾ ਓਡੀਸ਼ਾ, ਅਸਾਮ, ਮੇਘਾਲਿਆ ਅਤੇ ਤ੍ਰਿਪੁਰਾ ਵਿੱਚ 18-21 ਜਨਵਰੀ ਤੱਕ ਸਵੇਰ ਅਤੇ ਸ਼ਾਮ ਦੇ ਸਮੇਂ ਸੰਘਣੀ ਧੁੰਦ ਦੀ ਸੰਭਾਵਨਾ ਹੈ।

Leave a Reply

Your email address will not be published. Required fields are marked *